ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਸਾਰੇ ਪਾਰਲੀਮਾਨੀ ਹਲਕਿਆਂ ਵਿੱਚ ਪਾਰਟੀ ਉਮੀਦਵਾਰਾਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਲਈ ਆਪਣੇ ਦੌਰੇ ਦੀ ਸ਼ੁਰੂਆਤ ਕੀਤੀ ਤੇ ਲੋਕ ਸਭਾ ਚੋਣਾਂ ਦੌਰਾਨ ਉਹਨਾਂ ਵੱਲੋਂ ਕੀਤੇ ਪੁਰਜ਼ੋਰ ਯਤਨਾਂ ਲਈ ਉਹਨਾਂ ਦਾ ਧੰਨਵਾਦ ਕੀਤਾ ਤੇ ਉਹਨਾਂ ਨੂੰ ਆਉਂਦੀਆਂ ਜ਼ਿਮਨੀ ਚੋਣਾਂ ਵਿਚ ਮਜ਼ਬੂਤ ਕਾਰਗੁਜ਼ਾਰੀ ਵਾਸਤੇ ਤਿਆਰ ਰਹਿਣ ਦੀ ਅਪੀਲ ਕੀਤੀ।ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਉਮੀਦਵਾਰ ਇਕਬਾਲ ਸਿੰਘ ਝੂੰਦਾ ਨਾਲ ਅਮਰਗੜ੍ਹ ਅਤੇ ਰਣਜੀਤ ਸਿੰਘ ਢਿੱਲੋਂ ਨਾਲ ਲੁਧਿਆਣਾ ਵਿੱਚ ਉਹਨਾਂ ਦੀ ਰਿਹਾਇਸ਼ ’ਤੇ ਜਾ ਕੇ ਮੁਲਾਕਾਤ ਕੀਤੀ ਅਤੇ ਦੋਵਾਂ ਥਾਵਾਂ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ।
ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਕੱਲਾ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਾਂਗੇ ਭਾਵੇਂ ਉਹ ਦਰਿਆਈ ਪਾਣੀਆਂ ਦਾ ਮਸਲਾ ਹੋਵੇ, ਸਾਡਾ ਰਾਜਧਾਨੀ ਸ਼ਹਿਰ ਚੰਡੀਗੜ੍ਹ ਸਾਨੂੰ ਦੇਣ ਦੀ ਗੱਲ ਹੋਵੇ ਜਾਂ ਫਿਰ ਕਿਸਾਨਾਂ ਲਈ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਲੈਣੀ ਹੋਵੇ, ਹਰ ਮਸਲੇ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਦੇ ਰਹਾਂਗੇ।
ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਨਤੀਜਿਆਂ ਤੋਂ ਮਾਯੂਸ ਨਾ ਹੋਣ। ਉਹਨਾਂ ਕਿਹਾ ਕਿ ਸਾਨੂੰ ਹੁਣ ਆਉਂਦੀਆਂ ਜ਼ਿਮਨੀ ਚੋਣਾਂ ਲਈ ਤਿਆਰ ਰਹਿਣਾ ਪਵੇਗਾ। ਸਾਨੂੰ ਭ੍ਰਿਸ਼ਟਾਚਾਰ ਵਿਚ ਡੁੱਬੀ ਆਮ ਆਦਮੀ ਪਾਰਟੀ (ਆਪ) ਦੇ ਕੁਸ਼ਾਸਨ ਨੂੰ ਉਜਾਗਰ ਕਰਨਾਂ ਪਵੇਗਾ ਜਿਸਨੇ ਸੂਬੇ ਨੂੰ ਕੰਗਾਲ ਬਣਾਇਆ ਤੇ ਜਿਸ ਦੇ ਰਾਜ ਵਿੱਚ ਨਸ਼ਿਆਂ ਤੇ ਗੈਂਗਸਟਰਾਂ ਦਾ ਪਸਾਰ ਹੋਇਆ। ਉਨ੍ਹਾਂ ਕਿਹਾ ਕਿ ‘ਆਪ’ ਅਤੇ ਕਾਂਗਰਸ ਦਾ ਗਠਜੋੜ ਚੋਣਾਂ ਵਿੱਚ ਬੇਨਕਾਬ ਹੋ ਗਿਆ ਹੈ ਕਿਉਂਕਿ ਦੋਵੇਂ ਪਾਰਟੀਆਂ ਨੇ ਅਕਾਲੀ ਦਲ ਨੂੰ ਪਾਸੇ ਕਰਨ ਲਈ ਗਠਜੋੜ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਵੇਖ ਲਿਆ ਹੈ ਕਿ ਕਿਵੇਂ ਦਿੱਲੀ ਆਧਾਰਿਤ ਪਾਰਟੀਆਂ ਅਕਾਲੀ ਦਲ ਦੇ ਖਿਲਾਫ ਇਕਜੁੱਟ ਹੋਈਆਂ ਸਨ।
ਪਾਰਟੀ ਪ੍ਰਧਾਨ ਨੇ ਸਬੰਧਤ ਹਲਕਿਆਂ ਦੇ ਆਗੂਆਂ ਤੇ ਵਰਕਰਾਂ ਨਾਲ ਵਿਸਥਾਰ ਵਿੱਚ ਅਤੇ ਖੁੱਲ੍ਹੇ ਮਾਹੌਲ ਵਿੱਚ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਅੰਤਾਂ ਦੀ ਗਰਮੀ ਵਿੱਚ ਮਿਹਨਤ ਕਰਨ ਲਈ ਸਭ ਦਾ ਧੰਨਵਾਦ ਕੀਤਾ। ਇਕਬਾਲ ਸਿੰਘ ਝੂੰਦਾ ਅਤੇ ਰਣਜੀਤ ਸਿੰਘ ਢਿੱਲੋਂ ਨੇ ਬਾਦਲ ਵੱਲੋਂ ਮੋਹਰੀ ਹੋ ਕੇ ਲੜਾਈ ਲੜਨ ਅਤੇ ਪਾਰਟੀ ਨੂੰ ਯੋਗ ਲੀਡਰਸ਼ਿਪ ਦੇਣ ਅਤੇ ਸਫਲਤਾ ਨਾਲ ਪੰਜਾਬ ਬਚਾਓ ਯਾਤਰਾ ਕੱਢਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਉਹ ਪੰਥ ਅਤੇ ਪੰਜਾਬ ਨੂੰ ਬਚਾਉਣ ਵਾਸਤੇ ਯਤਨ ਦੁੱਗਣੇ ਕਰ ਦੇਣਗੇ ਅਤੇ ਕਿਹਾ ਕਿ ਪਾਰਟੀ ਕੇਡਰ ਆਉਂਦੀਆਂ ਜ਼ਿਮਨੀ ਚੋਣਾਂ ਵਿੱਚ ਸਾਰੀਆਂ ਸੀਟਾਂ ਜਿੱਤਣ ਲਈ ਪੂਰੀ ਵਾਹ ਲਗਾ ਦੇਵੇਗਾ। ਅਕਾਲੀ ਦਲ ਦੇ ਪ੍ਰਧਾਨ ਦਾ ਦੋਵਾਂ ਥਾਵਾਂ ’ਤੇ ਪਾਰਟੀ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਉਹਨਾਂ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਜਤਾਇਆ ।
- First Published :